ਦਰਬਾਰ ਸਾਹਿਬ, ਤਰਨਤਾਰਨ ਦੀ ਢਾਹੀ ਇਤਿਹਾਸਕ ਦਰਸ਼ਨੀ ਡਿਉਢੀ, ਕਾਰ ਸੇਵਾ ਵਾਲੇ ਬਾਬੇ ਉਤਰੇ ਮਨਮਾਨੀਆਂ 'ਤੇ

Tags

ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਉੜੀ ਢਾਹੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਕਾਰ ਸੇਵਾ ਵਾਲਿਆਂ ਬਾਬਿਆਂ ਦੀ 'ਆਪਹੁਦਰੀ' ਕਾਰਵਾਈ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਇਸ ਪੁਰਾਤਨ ਦਰਸ਼ਨੀ ਡਿਉੜੀ ਸਬੰਧੀ ਫਿਲਹਾਲ ਕੋਈ ਅੰਤਮ ਫੈਸਲਾ ਨਹੀਂ ਲਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੌਰਾਨ ਇਸ ਦਰਸ਼ਨੀ ਡਿਉੜੀ ਦੀ ਕਾਰਸੇਵਾ ਸਬੰਧੀ ਸੰਗਤਾਂ ਵੱਲੋਂ ਇਤਰਾਜ਼ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ’ਤੇ ਰੋਕ ਲਾ ਦਿੱਤੀ ਸੀ। ਇਸ ਸਬੰਧੀ 18 ਅਕਤੂਬਰ, 2018 ਨੂੰ ਹੋਈ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਵਿੱਚ ਮਤਾ ਨੰ: 765 ਰਾਹੀਂ ਇਸ ਮਾਮਲੇ ਨੂੰ ਪੈਂਡਿੰਗ ਕਰ ਦਿੱਤਾ ਸੀ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਵੀ ਫੈਸਲਾ ਨਾ ਲਏ ਜਾਣ ਬਗੈਰ ਹੀ ਮੈਨੇਜਰ ਤੇ ਕਾਰਸੇਵਾ ਵਾਲੇ ਬਾਬਿਆਂ ਵੱਲੋਂ ਬੀਤੀ ਰਾਤ ਡਿਉੜੀ ਢਾਹ ਦਿੱਤੀ ਗਈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਦਫ਼ਤਰ ਦੇ ਆਰਡਰ ਨੰ: 5407, ਮਿਤੀ 31-3-2019 ਰਾਹੀਂ ਮੁਅੱਤਲ ਕਰਕੇ ਜੀਂਦ ਭੇਜ ਦਿੱਤਾ ਹੈ।

ਇਸ ਤੋਂ ਇਲਾਵਾ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਪਾਸੋਂ ਵੀ ਗੁਰਦੁਆਰਾ ਸਾਹਿਬ ਦੀਆਂ ਕਾਰ ਸੇਵਾਵਾਂ ਵੀ ਵਾਪਸ ਲੈ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਡਿਉੜੀ ਢਾਹੁਣ ਦੀ ਕਾਰਵਾਈ ਕਿਸੇ ਗਹਿਰੀ ਸਾਜ਼ਸ਼ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਕੀਤੀ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਤੇ ਅਧਿਕਾਰੀਆਂ ਦੇ ਨੋਟਿਸ ਵਿਚ ਲਿਆਉਣ ਦੀ ਵੀ ਮੈਨੇਜਰ ਨੇ ਕੋਸ਼ਿਸ਼ ਨਹੀਂ ਕੀਤੀ, ਜਿਸ ਲਈ ਪੜਤਾਲ ਕਰਵਾਈ ਜਾ ਰਹੀ ਹੈ।


EmoticonEmoticon